ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ
- ਜੰਗਲ ‘ਚੋਂ ਮਿਲੀ ਲਾਸ਼
ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ ‘ਚ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ 24 ਸਾਲਾ ਨੌਜਵਾਨ ਖ਼ੁਸ਼ਕਰਨਦੀਪ ਸਿੰਘ ਦਾ ਅਮਰੀਕਾ ਦੇ ਕੈਲੀਫ਼ੋਰਨੀਆ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਪਰਿਵਾਰਿਕ ਮੈਂਬਰਾਂ ਅਨੁਸਾਰ ਖ਼ੁਸ਼ਕਰਨਦੀਪ ਪੰਜ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। 30 ਜੁਲਾਈ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਉਸ ਨਾਲ ਸੰਪਰਕ ਟੁੱਟ ਗਿਆ ਸੀ ਅਤੇ ਫ਼ੋਨ ਬੰਦ ਆ ਰਿਹਾ ਸੀ।
ਪਰਿਵਾਰ ਦੀ ਸ਼ਿਕਾਇਤ ‘ਤੇ ਕੈਲੀਫ਼ੋਰਨੀਆ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਭਾਲ ਦੌਰਾਨ ਉਸ ਦੀ ਲਾਸ਼ ਇੱਕ ਸੁਨਸਾਨ ਅਤੇ ਜੰਗਲੀ ਇਲਾਕੇ ਵਿੱਚੋਂ ਬਰਾਮਦ ਹੋਈ। ਅਮਰੀਕੀ ਪੁਲਿਸ ਦੀ ਸ਼ੁਰੂਆਤੀ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਖ਼ੁਸ਼ਕਰਨਦੀਪ ਸਿੰਘ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਗੱਡੀ ਵਿੱਚ ਸਫ਼ਰ ਕਰ ਰਿਹਾ ਸੀ। ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਲਾਸ਼ ਨੂੰ ਸੁਨਸਾਨ ਜਗ੍ਹਾ ‘ਤੇ ਸੁੱਟ ਦਿੱਤਾ ਗਿਆ। ਫਿਲਹਾਲ ਪੁਲਿਸ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਵਿੱਚ ਜੁਟ ਗਈ ਹੈ।
ਇਸ ਕਤਲ ਦੇ ਪਿੱਛੇ ਦਾ ਅਸਲੀ ਕਾਰਨ ਕੀ ਸੀ ਅਤੇ ਇਸ ਵਿੱਚ ਕੌਣ ਲੋਕ ਸ਼ਾਮਲ ਸਨ, ਇਹ ਹਾਲੇ ਤੱਕ ਸਾਫ਼ ਨਹੀਂ ਹੋ ਸਕਿਆ ਹੈ। ਕੈਲੀਫ਼ੋਰਨੀਆ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ, ਜਿਵੇਂ ਹੀ ਖ਼ੁਸ਼ਕਰਨਦੀਪ ਦੀ ਮੌਤ ਦੀ ਖ਼ਬਰ ਪਟਿਆਲਾ ਸਥਿਤ ਉਸ ਦੇ ਜੱਦੀ ਪਿੰਡ ਅਤਲਾ ਪਹੁੰਚੀ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਹੱਸਦੇ-ਖੇਡਦੇ ਪੁੱਤ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਿੱਚ ਹਰ ਕਿਸੇ ਦੀ ਅੱਖ ਨਮ ਹੈ ਅਤੇ ਪਿੰਡ ਵਾਸੀ ਸਰਕਾਰ ਤੋਂ ਖ਼ੁਸ਼ਕਰਨਦੀਪ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























