PUNJAB : ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨਾਂ ਨੂੰ ਹਿਰਾਸਤ ‘ਚ ਲਏ ਜਾਣ ਦਾ ਮਾਮਲਾ ; ਹਾਈਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ, 24ਮਾਰਚ(ਵਿਸ਼ਵ ਵਾਰਤਾ) PUNJAB : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਤੇ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਡੀਜੀਪੀ ਸਟੇਟਸ ਰਿਪੋਰਟ ਦਾਇਰ ਕਰਨਗੇ।
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੁਖੀ ਗੁਰਮੁਖ ਸਿੰਘ ਨੇ 21 ਮਾਰਚ ਨੂੰ ਇੱਕ ਪਟੀਸ਼ਨ ਦਾਇਰ ਕਰਕੇ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ।
ਗੁਰਮੁਖ ਸਿੰਘ ਨੇ ਕਿਹਾ ਸੀ ਕਿ ਜਗਜੀਤ ਸਿੰਘ ਡੱਲੇਵਾਲ 117 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਹਨਾਂ ਨੂੰ ਕੈਂਸਰ ਹੈ। 19 ਮਾਰਚ ਤੋਂ ਬਾਅਦ ਉਹਨਾਂ ਦਾ ਕੁਝ ਪਤਾ ਨਹੀ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਪੁਲਿਸ ਨੇ 400 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਹਨਾਂ ਨੇ ਅਦਾਲਤ ਵਿੱਚ 50 ਕਿਸਾਨਾਂ ਦੇ ਨਾਵਾਂ ਦੀ ਸੂਚੀ ਵੀ ਸੌਂਪੀ ਸੀ।
ਜ਼ਿਕਰਯੋਗ ਹੈ ਕਿ 19 ਮਾਰਚ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਸੱਤਵੇਂ ਦੌਰ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਈ ਸੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਮੀਟਿੰਗ ਵਿੱਚ ਸ਼ਾਮਲ ਹੋਏ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਤਿੰਨ ਮੰਤਰੀਆਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਵਿੱਚ ਕਿਸਾਨ ਸੰਗਠਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਵਾਲੇ ਕਾਨੂੰਨ ਦੀ ਮੰਗ ‘ਤੇ ਅੜੇ ਰਹੇ। 4 ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/