Rajasthan ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਜੈਤੋ ,20 ਸਤੰਬਰ (ਰਘੂਨੰਦਨ ਪਰਾਸ਼ਰ): Rajasthan ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਨਾਲ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਪੁਲਿਸ ਦੀ ਇਹ ਕਾਰਵਾਈ ਸਿੱਖ ਨਾਲ ਅਨਿਆਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਟਿੰਮਾ ਰਾਜਸਥਾਨ ਦੇ ਉੱਘੇ ਸਿੱਖ ਆਗੂ ਹਨ, ਜਿਨ੍ਹਾਂ ਨੇ ਧਰਮ ਪ੍ਰਚਾਰ ਦੇ ਖੇਤਰ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਅਜਿਹੀ ਸ਼ਖ਼ਸੀਅਤ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਭਾਈਚਾਰਕ ਸਾਂਝਾ ਵਿਚ ਵਿਗਾੜ ਪੈਦਾ ਕਰਨ ਦੇ ਯਤਨ ਹਨ। ਉਨ੍ਹਾਂ ਕਿਹਾ ਕਿ ਭਾਈ ਟਿੰਮਾ ਨੂੰ ਉੱਚ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ, ਇਸ ਦੇ ਬਾਵਜੂਦ ਵੀ ਗ੍ਰਿਫ਼ਤਾਰ ਵਾਰੰਟ ਜਾਰੀ ਕਰਨੇ ਸਰਾਸਰ ਗ਼ਲਤ ਹਨ। ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਸਭਿਅਕ ਦੇਸ਼ ਹੈ ਅਤੇ ਇਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ। ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿੱਤ ਵਿੱਚ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਕਾਨੂੰਨੀ ਮੱਦਦ ਲਈ ਵਚਨਬੱਧ ਹੈ।