ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ
ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ

ਫਾਜ਼ਿਲਕਾ 7 ਮਈ (ਵਿਸ਼ਵ ਵਾਰਤਾ);- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਦੀ ਅਗਵਾਈ ਹੇਠ ਜਿਲਾ ਮਾਸ ਮੀਡੀਆ ਵਿੰਗ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਮੁੱਖ ਮੰਤਰੀ ਸਿਹਤ ਯੋਜਨਾ, ਡੇਂਗੂ ਮਲੇਰੀਆ ਵਿਰੁੱਧ ਗਤੀਵਿਧੀਆਂ ਅਤੇ ਹੋਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ।
ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਮੀਟਿੰਗ ਦੌਰਾਨ ਦੱਸਿ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਲੋਕ ਇਹਨਾਂ ਦਾ ਪੂਰਨ ਲਾਭ ਲੈ ਸਕਣ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਹੋਰ ਸਿਹਤ ਪ੍ਰੋਗਰਾਮਾਂ ਜਿਵੇਂ ਜੱਚਾ ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਟੀਬੀ ਮੁਕਤ ਅਭਿਆਨ, ਅਨੀਮੀਆ ਮੁਕਤ ਪੰਜਾਬ ਮੁਹਿੰਮ, ਗੈਰ-ਸੰਚਾਰੀ ਰੋਗਾਂ ਦੀ ਜਾਂਚ, ਤੰਬਾਕੂ ਨਿਯੰਤਰਣ ਪ੍ਰੋਗਰਾਮ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਲਈ ਫੀਲਡ ਸਟਾਫ਼ ਦੀ ਭੂਮਿਕਾ ਬਹੁਤ ਅਹਿਮ ਹੈ।
ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਸਹੀ ਸੰਦੇਸ਼ ਲੋਕਾਂ ਤੱਕ ਪਹੁੰਚਾਉਣ, ਅਫਵਾਹਾਂ ਤੋਂ ਬਚਣ ਅਤੇ ਲੋਕਾਂ ਨੂੰ ਸਮੇਂ-ਸਿਰ ਸਿਹਤ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰਨ। ਉਹਨਾਂ ਕਿਹਾ ਕਿ ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਆਪਣੇ ਆਪਣੇ ਏਰੀਏ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਮੇਂ ਰਹਿੰਦੇ ਡੇਂਗੂ ਦੀ ਰੋਕਥਾਮ ਲਈ ਉਪਰਾਲੇ ਕਿੱਤੇ ਜਾ ਸਕਣ। ਇਸ ਦੋਰਾਨ ਜਿਲਾ ਐਪੀਡਿਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ, ਜਿਲਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬਲਾਕ ਮਾਸ ਮੀਡੀਆ ਅਫਸਰ ਸੁਨੀਲ ਟੰਡਨ, ਸੁਸ਼ੀਲ ਕੁਮਾਰ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਅਤਿੰਦਰ ਪਾਲ ਸਿੰਘ ਹਾਜਰ ਸਨ।























