ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ
ਹਰ ਅਧਿਕਾਰੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਚਨਬੱਧਤਾ ਨਾਲ ਕਾਰਜ ਕਰੇ: ਡਿਪਟੀ ਕਮਿਸ਼ਨਰ ਕੋਮਲ ਮਿੱਤਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ (ਸਤੀਸ਼ ਕੁਮਾਰ ਪੱਪੀ);- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੇ ਮੱਦੇਨਜ਼ਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰੀ ਸਟਾਫ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਦਾ ਉਦੇਸ਼ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਮੁਕੰਮਲ ਕਰਨਾ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਸੁਪਰਵਾਈਜ਼ਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਗਭਗ 23 ਸਾਲਾਂ ਬਾਅਦ ਕਰਵਾਈ ਜਾ ਰਹੀ ਇਹ ਵਿਸ਼ੇਸ਼ ਗਹਿਰੀ ਸੁਧਾਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਵਚਨਬੱਧਤਾ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰ ਰਹੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਅਤੇ ਬੂਥ ਲੈਵਲ ਏਜੰਟਾਂ ਦੇ ਸਹਿਯੋਗ ਨਾਲ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪੜਾਅ ਦੀ ਨਿਯਮਿਤ ਸਮੀਖਿਆ ਕੀਤੀ ਜਾਵੇਗੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ-ਉਪ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਵਿਸਥਾਰਪੂਰਵਕ ਕੈਲੰਡਰ ਸੁਪਰਵਾਈਜ਼ਰੀ ਸਟਾਫ ਨਾਲ ਸਾਂਝਾ ਕੀਤਾ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਕਾਰਵਾਈ ਨੂੰ ਨੇਪਰੇ ਚੜ੍ਹਾਉਣ, ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਯਕੀਨੀ ਬਣਾਉਣ ਅਤੇ ਹਰੇਕ ਗਤੀਵਿਧੀ ਦੀ ਨਿਯਮਿਤ ਨਿਗਰਾਨੀ ਕਰਨ ਦੀ ਹਦਾਇਤ ਕੀਤੀ।
ਸਿਖਲਾਈ ਦੌਰਾਨ ਡੇਰਾਬੱਸੀ, ਮੋਹਾਲੀ ਅਤੇ ਖਰੜ ਹਲਕਿਆਂ ਨਾਲ ਸਬੰਧਤ ਕੁੱਲ 83 ਸੁਪਰਵਾਈਜ਼ਰਾਂ (30 ਡੇਰਾਬੱਸੀ, 26 ਮੁਹਾਲੀ ਅਤੇ 27 ਖਰੜ) ਨੂੰ ਐਸ.ਆਈ.ਆਰ. ਦੀ ਪ੍ਰਕਿਰਿਆ, ਗਣਨਾ ਫਾਰਮਾਂ ਦੀ ਪੜਤਾਲ, ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ, ਰਿਕਾਰਡ ਦੀ ਜਾਂਚ, ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਸਮੇਤ ਵੱਖ-ਵੱਖ ਚੋਣੀ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਅਧਿਕਾਰੀਆਂ ਨੇ ਇਸ ਮੌਕੇ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਫਲਤਾਪੂਰਵਕ, ਪਾਰਦਰਸ਼ੀ ਢੰਗ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਆਪਣੀ ਪੂਰਨ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।























