ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਹੜ੍ਹਾਂ ਤੋਂ ਬਚਾਅ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਗਿਣਵਾਈਆਂ
ਸੰਗਰੂਰ 19 ਜੂਨ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ (CM Bhagwant Mann )ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਪਹਿਲਾਂ ਵਰਗਾ ਨਹੀਂ ਰਿਹਾ, ਜਦੋਂ ਸੂਬੇ ਦੇ ਮੁਖੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਉਦੋਂ ਕਰਦੇ ਸਨ, ਜਦੋਂ ਇਲਾਕਾ ਪਾਣੀ ਵਿੱਚ ਡੁੱਬ ਰਿਹਾ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਆਗੂਆਂ ਨੇ ਮਹਿਜ਼ ਫੋਟੋਆਂ ਖਿਚਵਾਉਣ ਲਈ ਅਜਿਹੇ ਮੌਕਿਆਂ ਦੀ ਵਰਤੋਂ ਕੀਤੀ ਅਤੇ ਲੋਕਾਂ ਦੀ ਸੁਰੱਖਿਆ ਤੇ ਸਰੋਕਾਰਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ।
Sangrur News
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਨੇ ਹੜ੍ਹਾਂ ਤੋਂ ਬਚਾਉਣ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਹੜ੍ਹਾਂ ਤੋਂ ਬਚਾਅ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ ਅਤੇ ਲੋਕਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਦੇ ਲੋਕਾਂ ਨੇ ਵੱਡਾ ਫ਼ਤਵਾ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ।
ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ 100 ਸਾਲਾਂ ਦੇ ਫਲੱਡ ਡਿਸਚਾਰਜ ਅਨੁਸਾਰ ਚੋਅ/ਦਰਿਆਵਾਂ ਦੇ ਵਹਾਅ ਨੂੰ ਡਿਜ਼ਾਈਨ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ ਡਰੇਨ/ਚੋਅ/ਦਰਿਆਵਾਂ ਦੇ ਹੜ੍ਹ ਵਾਲੇ ਮੈਦਾਨਾਂ ਨੂੰ ਨਾਰਦਰਨ ਇੰਡੀਆ ਕੈਨਾਲ ਡਰੇਨੇਜ਼ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਰਿਆਵਾਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਅਗਾਊਂ ਬੰਨ੍ਹਾਂ ਦੇ ਕੰਮ ’ਤੇ ਪਾਬੰਦੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਲੋਕਾਂ ਦਾ ਡੇਟਾ ਬੇਸ ਜਿਵੇਂ ਕਿ ਬੋਰੀਆਂ ਦੇ ਸਪਲਾਇਰ, ਤਾਰ ਬਾਈਂਡਰ, ਧਰਤੀ ਪੁੱਟਣ ਵਾਲੇ ਉਪਕਰਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਬਾਰੇ ਜਾਣਕਾਰੀ, ਵੀ ਤਿਆਰ ਕੀਤੀ ਗਈ ਹੈ ਤਾਂ ਜੋ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਬੋਰਿਆਂ ਨੂੰ ਹੰਗਾਮੀ ਸਥਿਤੀ ਦੌਰਾਨ ਵਰਤਣ ਲਈ ਰਣਨੀਤਕ ਥਾਵਾਂ ’ਤੇ ਸਟੋਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹੜ੍ਹਾਂ ਨੂੰ ਰੋਕਣ ਲਈ ਦਰਿਆਵਾਂ ਦੀਆਂ ਅੰਦਰੂਨੀ ਢਲਾਣਾਂ ’ਤੇ ਬਾਂਸ ਦੇ ਬੂਟੇ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ., ਬੀ.ਐਂਡ.ਆਰ. ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਸ਼ੀਟ ਫਲੋਅ ਵਿੱਚ ਆਈ ਰੁਕਾਵਟ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਆਮ ਆਦਮੀ ਹੋਣ ਦੇ ਨਾਤੇ ਉਹ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਰ ਕੋਸ਼ਿਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ( ਭਗਵੰਤ ਸਿੰਘ Maan )ਨੇ ਕਿਹਾ ਕਿ ਤਰੱਕੀ ਅਤੇ ਖੁਸ਼ਹਾਲੀ ਦੇ ਨਾਲ-ਨਾਲ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਵੀ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਪਾੜ ਪੈਣ ਤੋਂ ਰੋਕਣ ਲਈ ਸੰਗਰੂਰ ( sangrur News)ਜ਼ਿਲ੍ਹੇ ਵਿੱਚ ਘੱਗਰ ਦਰਿਆ ਦੇ ਕੰਢਿਆਂ ’ਤੇ ਵੱਖ-ਵੱਖ ਥਾਵਾਂ ’ਤੇ 2.5 ਲੱਖ ਤੋਂ ਵੱਧ ਰੇਤ ਦੀਆਂ ਬੋਰੀਆਂ ਦਾ ਭੰਡਾਰਨ ਯਕੀਨੀ ਬਣਾਏਗੀ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਸੜਕਾਂ ਦੀ ਜਲਦ ਹੀ ਮੁਰੰਮਤ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਸਰਵੇਖਣ ਵੀ ਕੀਤਾ ਗਿਆ ਹੈ ਅਤੇ ਮੂਣਕ ਤੋਂ ਖਨੌਰੀ ਵਾਇਆ ਮੰਡਵੀ ਨੂੰ ਜੋੜਨ ਵਾਲੀ ਸੜਕ ਨੂੰ ਵੀ ਜਲਦ ਹੀ ਮਜ਼ਬੂਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸਰਕਾਰੀ ਹਾਈ ਸਕੂਲ ਮਕਰੌੜ ਸਾਹਿਬ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।