Sangrur News: ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਉਤੇ ਮੁਕੰਮਲ ਪਾਬੰਦੀ
ਸੰਗਰੂਰ, 24 ਸਤੰਬਰ: ( ਵਿਸ਼ਵ ਵਾਰਤਾ )
ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐਮਜੀ (Pregaballin 75 mg) ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਉਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ਉਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਹੁਕਮਾਂ ਵਿੱਚ ਦਰਜ ਹੈ ਕਿ ਸਿਵਲ ਸਰਜਨ ਵੱਲੋਂ ਆਪਣੇ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪ੍ਰੇਗਾਬਾਲੀਨ ਕੰਟੇਨਿੰਗ 300 ਐਮਜੀ (Pregaballin 300 mg) ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ (ਸਿਗਨੇਚਰ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ) ਨੂੰ ਨਸ਼ੇ ਦੇ ਤੌਰ ‘ਤੇ ਵਰਤਿਆ ਜਾ ਰਿਹਾ ਹੈ। ਸਿਵਲ ਸਰਜਨ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਇਸ ਦੀ ਵਿਕਰੀ ਉਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਪਾਬੰਦੀ ਹੁਕਮ 9 ਨਵੰਬਰ 2024 ਤੱਕ ਲਾਗੂ ਰਹਿਣਗੇ। ( ਵਿਜੈ ਗਰਗ ਪੱਤਰਕਾਰ ਭਵਾਨੀਗੜ੍ਹ )