SGPC ਵੱਲੋਂ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ(ਵਿਸ਼ਵ ਵਾਰਤਾ) Paris Olympics ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ Shiromani Gurdwara Parbandhak Committee ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ 5 ਲੱਖ ਰੁਪਏ ਦਾ ਚੈੱਕ ਦੇ ਕੇ ਜਰਮਨਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਹਰਿਆਣਾ ਨਾਲ ਸਬੰਧਤ ਦੌੜਾਕ ਅਮਰਪ੍ਰੀਤ ਸਿੰਘ ਨੂੰ ਵੀ 1 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਗਈ।
ਖਿਡਾਰੀਆਂ ਨੂੰ ਸਨਮਾਨਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ Shiromani Gurdwara Parbandhak Committee ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਆਪਣੀਆਂ ਖੇਡ ਅਕੈਡਮੀਆਂ ਚਲਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕੋਈ ਸਾਬਤ ਸੂਰਤ ਸਿੱਖ ਖਿਡਾਰੀ ਖੇਡਾਂ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਕਰਦਾ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਉਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਸਿੱਖ ਨੌਜੁਆਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨਾ ਹੈ। ਐਡਵੋਕੇਟ ਧਾਮੀ ਨੇ ਨੌਜੁਆਨਾਂ ਨੂੰ ਸਿੱਖੀ ਸਰੂਪ ਵਿਚ ਰਹਿੰਦਿਆਂ ਅੱਗੇ ਵਧਣ ਲਈ ਪ੍ਰੇਰਿਆ। ਇਸ ਮੌਕੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਾਨ-ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਖਿਡਾਰੀਆਂ ਨੂੰ ਵੱਡਾ ਉਤਸ਼ਾਹ ਮਿਲਦਾ ਹੈ। ਉਨ੍ਹਾਂ ਨੌਜੁਆਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਬਤ ਸੂਰਤ ਰਹਿੰਦਿਆਂ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ , ਖਿਡਾਰੀ ਜਰਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰ ਆਦਿ ਮੌਜੂਦ ਸਨ।