SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ
ਅੰਮ੍ਰਿਤਸਰ,12 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਬੁਲਾਈ। ਜਿਸ ‘ਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਕਈ ਮਾਮਲੇ ਅਤੇ ਹੋਰ ਸਿੱਖ ਮਾਮਲਿਆਂ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ’ਤੇ ਲਾਈ ਰੋਕ ਦੇ ਮਾਮਲੇ ’ਤੇ ਵੀ ਚਰਚਾ ਕੀਤੀ ਗਈ।
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਵਿੱਚ ਰੁਟੀਨ ਦੇ ਮੁੱਦਿਆਂ ਤੋਂ ਇਲਾਵਾ ਕੁਝ ਅਜਿਹੇ ਮੁੱਦੇ ਵੀ ਵਿਚਾਰੇ ਗਏ ਜੋ ਸਿੱਖਾਂ ਦੀਆਂ ਭਾਵਨਾਵਾਂ ਨਾਲ ਸਬੰਧਤ ਸਨ। ਜਿਸ ਵਿੱਚ ਸਭ ਤੋਂ ਪਹਿਲਾਂ ਭਾਰਤ ਵਿੱਚ ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਰੋਕਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਾਡੇ ਆਪਣੇ ਦੇਸ਼ ਵਿੱਚ ਅਜਿਹਾ ਵਤੀਰਾ ਅਤਿ ਨਿੰਦਣਯੋਗ ਹੈ। ਇਸੇ ਲਈ ਇਸ ਸਬੰਧੀ ਇਕ ਵਫਦ ਜਲਦ ਹੀ ਕੇਂਦਰੀ ਹਵਾਬਾਜ਼ੀ ਵਿਭਾਗ ਨੂੰ ਮਿਲ ਕੇ ਇਸ ਮਸਲੇ ਦਾ ਹੱਲ ਕਰੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ‘ਚੋ ਸਿਰਫ਼ 763 ਵੀਜ਼ੇ ਦਿੱਤੇ ਗਏ ਹਨ, ਜਦਕਿ 1800 ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ। ਇਸ ਲਈ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਭ ਨੂੰ ਵੀਜ਼ਾ ਦਿੱਤਾ ਜਾਵੇ ਤਾਂ ਜੋ ਦੋਵਾਂ ਦੇਸ਼ਾਂ ਦਰਮਿਆਨ ਸਦਭਾਵਨਾ ਬਣਾਈ ਜਾ ਸਕੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/