SGPC ਪ੍ਰਧਾਨ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਦੇ ਦਿੱਤੇ ਵੇਰਵੇ
ਅੰਮ੍ਰਿਤਸਰ, 27 ਫ਼ਰਵਰੀ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ, ਪ੍ਰੰਤੂ ਸਚਾਈ ਇਹ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਿਥੇ ਵੱਡੀ ਪੱਧਰ ‘’ਤੇ ਜਾਇਦਾਦਾਂ ਦੀ ਖਰੀਦ ਕੀਤੀ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਵਿੱਤੀ ਜਮ੍ਹਾਂ ਪੂੰਜੀ ਵਿਚ ਵੀ ਵੱਡਾ ਵਾਧਾ ਦਰਜ ਹੋਇਆ ਹੈ।
ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ ਸਾਲ 2020-2021 ਤੋਂ 2025-2026 ਦੌਰਾਨ ਜਿਥੇ 111 ਕਰੋੜ ਦੇ ਕਰੀਬ ਜਾਇਦਾਦ ਦੀ ਖਰੀਦੀ ਗਈ, ਉਥੇ ਹੀ ਗੁਰਦੁਆਰਿਆਂ ਦੇ ਬਜਟ ਵਿਚ 577 ਕਰੋੜ ਤੋਂ 1120 ਕਰੋੜ ਰੁਪਏ ਤੱਕ ਦਾ ਵਾਧਾ ਹੋਇਆ। ਉਨ੍ਹਾਂ ਐਫਡੀਆਰ ਦੇ ਸਬੰਧ ਵਿਚ ਵੇਰਵੇ ਦਿੰਦਿਆਂ ਦੱਸਿਆ ਕਿ ਇਸ ਅਰਸੇ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜਮ੍ਹਾਂ ਪੂੰਜੀ ਵਿਚ 600 ਕਰੋੜ ਦਾ ਵਾਧਾ ਹੋਇਆ ਹੈ। ਇਸ ਸਬੰਧ ਵਿਚ ਐਡਵੋਕੇਟ ਧਾਮੀ ਨੇ ਵੱਖ-ਵੱਖ ਗੁਰਦੁਆਰਿਆਂ ਦੀ ਜਮ੍ਹਾਂ ਪੂੰਜੀ ਦੇ ਵਾਧੇ ਬਾਰੇ ਵਿਸਥਾਰਪੂਰਵਕ ਖੁਲਾਸਾ ਵੀ ਕੀਤਾ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਸਾਲ 2020-2021 ਤੋਂ 2025-2026 ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਐਫਡੀਆਰ ਵਿਚ 273 ਕਰੋੜ 60 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਵਿਖੇ 121 ਕਰੋੜ 45 ਲੱਖ ਰੁਪਏ ਦਾ ਵਾਧਾ ਦਰਜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਲਈ ਇਸ ਸਮੇਂ ਦੌਰਾਨ 182 ਕਰੋੜ ਰੁਪਏ ਵੱਖਰੇ ਤੌਰ ’ਤੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਫੰਡ ਦਿੱਤੇ ਗਏ ਹਨ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਸਤੇ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ, ਜਦਕਿ ਸੰਗਤ ਵੱਲੋਂ ਪ੍ਰਗਟਾਈ ਗਈ ਸ਼ਰਧਾ ਤਹਿਤ ਇਹ ਰਾਸ਼ੀ 7 ਲੱਖ ਦੇ ਹੋਰ ਵਾਧੇ ਨਾਲ ਜਮ੍ਹਾਂ ਹੈ। ਉਨ੍ਹਾਂ ਇਹ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਖਰੀਦ ਕੀਤੀਆਂ ਗਈਆਂ ਜਾਇਦਾਦਾਂ ਦੀ ਅੱਜ ਕੀਮਤ ਵੀ ਕਈ ਗੁਣਾਂ ਵੱਧ ਚੁੱਕੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























