Shambhu border : ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, ਇਕ ਹਫ਼ਤੇ ਬਾਅਦ ਮਾਮਲੇ ‘ਤੇ ਫਿਰ ਹੋਵੇਗੀ ਸੁਣਵਾਈ
ਜਾਣੋ ਸੁਪਰੀਮ ਕੋਰਟ ਨੇ ਕੀ ਹੁਕਮ ਕੀਤੇ ਜਾਰੀ ?
ਨਵੀਂ ਦਿੱਲੀ, 25ਜੁਲਾਈ (ਵਿਸ਼ਵ ਵਾਰਤਾ)Shambhu border : ਹਰਿਆਣਾ ਸਰਕਾਰ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਦਿੱਤੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਪਹੁੰਚੀ ਸੀ। ਬੁੱਧਵਾਰ 24 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਸਬੰਧੀ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਇਕ ਸੁਤੰਤਰ ਕਮੇਟੀ ਬਣਾਈ ਜਾਵੇ, ਜਿਸ ‘ਚ ਸੂਬਾ ਸਰਕਾਰ ਅਤੇ ਖੇਤੀ ਮਾਹਿਰ ਸ਼ਾਮਲ ਹੋਣਗੇ, ਜੋ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰ ਸਕਣਗੇ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਪੰਜਾਬ-ਹਰਿਆਣਾ ਹਾਈਕੋਰਟ ਇਸ ਕਮੇਟੀ ਦੇ ਮੈਂਬਰ ਬਣਨ ਲਈ ਯੋਗ ਵਿਅਕਤੀਆਂ ਦੇ ਨਾਵਾਂ ਲਈ ਆਪਣੀ ਸਲਾਹ ਦੇਵੇ। ਇਸ ਸਬੰਧੀ ਸੁਪਰੀਮ ਕੋਰਟ ਨੇ ਇੱਕ ਹਫ਼ਤੇ ਅੰਦਰ ਦੋਵਾਂ ਰਾਜਾਂ ਭਾਵ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਤੋਂ ਇਨ੍ਹਾਂ ਮੈਂਬਰਾਂ ਦੇ ਨਾਂ ਮੰਗੇ ਹਨ। ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ‘ਤੇ ਇਸ ਸਮੇਂ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਇੱਕ ਹਫ਼ਤੇ ਬਾਅਦ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ, ਤਾਂ ਜੋ ਸਥਾਨਕ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਦੱਸ ਦਈਏ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 12 ਮੰਗਾਂ ਨੂੰ ਲੈ ਕੇ 13 ਫਰਵਰੀ 2024 ਨੂੰ ਦਿੱਲੀ ਮਾਰਚ ਲਈ ਰਵਾਨਾ ਹੋਏ ਸਨ ਪਰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਉਨ੍ਹਾਂ ਦਾ ਰਸਤਾ ਰੋਕ ਦਿੱਤਾ ਸੀ। ਉਦੋਂ ਤੋਂ ਹੀ ਕਿਸਾਨ ਸ਼ੰਭੂ ਬਾਰਡਰ ‘ਤੇ ਬੈਠੇ ਹਨ ਅਤੇ ਸਰਕਾਰ ਨੇ ਵੀ ਅਜੇ ਤੱਕ ਇਹ ਰਸਤਾ ਨਹੀਂ ਖੋਲ੍ਹਿਆ। ਇਸ ਕਾਰਨ ਦੋਵਾਂ ਰਾਜਾਂ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਉਨ੍ਹਾਂ ਨੇ ਰਸਤਾ ਖੋਲ੍ਹਣ ਲਈ ਪੰਜਾਬ-ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਇਕ ਹਫਤੇ ਦੇ ਅੰਦਰ ਬਾਰਡਰ ਖੋਲ੍ਹਣ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਸਨ।