Speaker ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਜਾਣਿਆ ਹਾਲ ਚਾਲ
ਫਰੀਦਕੋਟ, 21 ਮਾਰਚ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਅਚਨਚੇਤ ਦੌਰਾ ਕਰਦੇ ਹੋਏ ਉੱਥੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ।

ਇਸ ਮੌਕੇ ਸਪੀਕਰ ਸੰਧਵਾਂ ਵੱਖ-ਵੱਖ ਵਾਰਡਾਂ ਵਿੱਚ ਗਏ ਅਤੇ ਦੂਰ ਤੋਂ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਅਤੇ ਸਿਹਤ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਮਰੀਜ਼ਾਂ ਦੇ ਇਲਾਜ ਅਤੇ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਇਲਾਜ ਦੌਰਾਨ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਉੱਚ ਦਰਜੇ ਦੀ ਸਿਹਤ ਸੇਵਾ ਮਿਲ ਰਹੀ ਹੈ, ਉੱਥੇ ਦੂਜੇ ਪਾਸੇ ਵੱਡੇ ਮੈਡੀਕਲ ਸੰਸਥਾਨਾਂ ਅਤੇ ਹੋਰ ਸਿਹਤ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਸਾਹਮਣੇ ਆਈਆਂ ਛੋਟੀਆਂ-ਮੋਟੀਆਂ ਕਮੀਆਂ ਨੂੰ ਜਲਦੀ ਹੀ ਦੂਰ ਕਰਕੇ ਸਿਹਤ ਪ੍ਰਣਾਲੀ ਨੂੰ ਹੋਰ ਸੁਧਾਰਿਆ ਜਾਵੇਗਾ, ਤਾਂ ਜੋ ਹਰ ਮਰੀਜ਼ ਨੂੰ ਬਿਹਤਰ ਇਲਾਜ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/



















