Special Session : ਪਾਣੀ ਦੇ ਰੌਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ
ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ) Special Session : ਪਾਣੀਆਂ ਦੇ ਰੌਲੇ ਨੂੰ ਲੈਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵਿਵਾਦ ਜਾਰੀ ਹੈ। ਪਾਣੀ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਅੱਜ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ,ਜਿਸ ਵਿੱਚ ਪਾਣੀ ਦੇ ਮੁੱਦੇ ‘ਤੇ ਪ੍ਰਸਤਾਵ ਲਿਆਂਦਾ ਜਾਵੇਗਾ।

ਜ਼ਿਕਰਯੋਗ ਹੈ ਕਿ ਬੀ.ਬੀ.ਐਮ.ਬੀ.(ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵਲੋਂ ਪੰਜਾਬ ਦੇ ਵਿਰੋਧ ਦੇ ਬਾਵਜੂਦ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਕੀਤੇ ਫ਼ੈਸਲੇ ਤੋਂ ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੇ ਵਿਵਾਦ ਨੂੰ ਲੈ ਕੇ ਸਿਆਸੀ ਬਿਆਨਬਾਜ਼ੀਆਂ ਦਾ ਸਿਲਸਿਲਾ ਜਾਰੀ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2 ਮਈ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ ਗਈ ਸੀ।

ਇੱਥੇ ਸਰਬ ਪਾਰਟੀ ਮੀਟਿੰਗ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਨੂੰ ਦਰਿਆਈ ਪਾਣੀਆਂ ਦੇ ਇਸ ਮੁੱਦੇ `ਤੇ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਅਤੇ ਇਸ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਮੁੱਖ ਮੰਤਰੀ ਦੀ ਮਾਨਵਤਾ ਦੇ ਆਧਾਰ `ਤੇ ਹਰਿਆਣਾ ਨੂੰ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰਾ ਕਰਨ ਲਈ ਰੋਜ਼ਾਨਾ 4000 ਕਿਊਸਿਕ ਪਾਣੀ ਦੇਣ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਇਕ ਨੇਕ ਪਹਿਲ ਹੈ ਪਰ ਜਿਸ ਤਰੀਕੇ ਨਾਲ ਹਰਿਆਣਾ ਸਰਕਾਰ ਅਤੇ ਬੀ.ਬੀ.ਐਮ.ਬੀ. ਨੇ ਸਾਡੇ ਪਾਣੀ ਖੋਹਣ ਲਈ ਤਾਨਾਸ਼ਾਹੀ ਤੇ ਪੰਜਾਬ ਵਿਰੋਧੀ ਰੁਖ਼ ਅਪਣਾਇਆ ਹੈ, ਉਹ ਬੇਹੱਦ ਨਿੰਦਣਯੋਗ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ Punjab ਨੂੰ ਇਕਜੁਟ ਕਰਨ ਲਈ ਪਹਿਲਕਦਮੀ























