Supreme ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ
– ਜਾਣੋ ਕੀ ਹੋਈ ਗੱਲਬਾਤ?
ਚੰਡੀਗੜ੍ਹ, 6 ਜਨਵਰੀ: ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਖਨੌਰੀ ਸਰਹੱਦ ਵਿਖੇ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਨਵਾਬ ਸਿੰਘ ਨੇ ਕਿਹਾ ਕਿ “ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਗਿਆ ਹੈ। ਅਸੀਂ ਕਿਸਾਨ ਆਗੂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ ਕੀਤੀ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਣ।”
ਉਨ੍ਹਾਂ ਕਿਹਾ ਕਿ ਉਹ ਜਦੋਂ ਚਾਹੁਣਗੇ, ਅਸੀਂ ਹਾਜ਼ਰ ਹੋ ਜਾਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧਾ ਗੱਲ ਕਰਨ ਦਾ ਅਧਿਕਾਰ ਨਹੀਂ ਹੈ। ਅਸੀਂ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪਾਂਗੇ।
ਦੱਸ ਦਈਏ ਕਿ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਸੋਮਵਾਰ ਨੂੰ ਵੀ ਜਾਰੀ ਰਿਹਾ।ਕੱਲ੍ਹ (ਐਤਵਾਰ ਨੂੰ) ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਨੂੰ ਵਾਰ-ਵਾਰ ਉਲਟੀਆਂ ਆ ਰਹੀਆਂ ਹਨ। ਉਨ੍ਹਾਂ ਨੂੰ ਗੱਲ ਕਰਨ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਦੇ ਲੀਵਰ, ਕਿਡਨੀ ਅਤੇ ਫੇਫੜਿਆਂ ਵਿੱਚ ਸਮੱਸਿਆ ਆ ਗਈ ਹੈ। ਡਾਕਟਰਾਂ ਨੇ ਕਿਹਾ ਕਿ ਜੇਕਰ ਡੱਲੇਵਾਲ ਦਾ ਮਰਨ ਵਰਤ ਖਤਮ ਹੋ ਵੀ ਜਾਂਦਾ ਹੈ ਤਾਂ ਉਨ੍ਹਾਂ ਦੇ ਸਾਰੇ ਅੰਗ 100 ਫੀਸਦੀ ਕੰਮ ਨਹੀਂ ਕਰ ਸਕਣ ਦਾ ਖਤਰਾ ਰਹੇਗਾ। ਉਨ੍ਹਾਂ ਦੀ ਸਿਹਤ ਠੀਕ ਹੋਣਾ ਮੁਸ਼ਕਲ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/