BIG NEWS: ਜੰਮੂ-ਕਸ਼ਮੀਰ ਤੇ ਹਰਿਆਣਾ ਸਮੇਤ 4 ਸੂਬਿਆਂ ‘ਚ ਅੱਜ ਹੋ ਸਕਦਾ ਹੈ ਚੋਣਾਂ ਦਾ ਐਲਾਨ ; 3:30 ਵਜੇ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ
ਦਿੱਲੀ 16ਅਗਸਤ (ਵਿਸ਼ਵ ਵਾਰਤਾ): ਚੋਣ ਕਮਿਸ਼ਨ ਵੱਲੋ ਅੱਜ 3:30 ਵਜੇ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਇਸ ਪ੍ਰੈਸ ਕਾਨਫਰੰਸ ‘ਚ ਜੰਮੂ-ਕਸ਼ਮੀਰ ਤੇ ਹਰਿਆਣਾ ਸਮੇਤ 4 ਸੂਬਿਆਂ ‘ਚ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ‘ਚ 30 ਸਿਤੰਬਰ ਤੋਂ ਪਹਿਲਾਂ ਵੋਟਾਂ ਪੈਣ ਦੀ ਸੰਭਾਵਨਾ ਹੈ।
ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਇਹ ਪਹਿਲੀ ਵਿਧਾਨ ਸਭਾ ਚੋਣ ਹੋਵੇਗੀ। ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਚੋਣਾਂ ਹੋਣੀਆਂ ਹਨ।
ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ 14 ਅਗਸਤ ਨੂੰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੀਟਿੰਗ ਕੀਤੀ ਸੀ। 9 ਅਗਸਤ ਨੂੰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣੀ ਟੀਮ ਨਾਲ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ‘ਚ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। 11 ਦਸੰਬਰ, 2023 ਨੂੰ, ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ 30 ਸਤੰਬਰ, 2024 ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ । ਅਦਾਲਤ ਦਾ ਇਹ ਨਿਰਦੇਸ਼ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਦੇ ਫ਼ੈਸਲੇ ਦਾ ਹਿੱਸਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਜਲਦੀ ਤੋਂ ਜਲਦੀ ਰਾਜ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਉੱਥੇ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਜੰਮੂ -ਕਸ਼ਮੀਰ ਤੋਂ ਇਲਾਵਾ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਸੂਬਿਆਂ ‘ਚ ਵੀ ਚੋਣਾਂ ਦੀ ਤਰੀਕ ਦਾ ਐਲਾਨ ਚੋਣ ਕਮਿਸ਼ਨ ਵਲੋਂ ਅੱਜ ਕੀਤਾ ਜਾ ਸਕਦਾ ਹੈ।