ਗਰਮੀ ਦੀ ਰੁੱਤ ਦੌਰਾਨ Punjab ਦੇ ਲੋਕਾਂ ਨੂੰ ਬਿਜਲੀ ਦੀ ਕੋਈ ਦਿੱਕਤ ਨਹੀਂ ਆਵੇਗੀ,
ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਬਣਾਂਵਾਲਾ ਤਾਪਘਰ ਦਾ ਵਿਸ਼ੇਸ ਦੌਰਾ
ਮਾਨਸਾ, 6 ਮਈ (ਵਿਸ਼ਵ ਵਾਰਤਾ ਵਿਸ਼ੇਸ਼):- Punjab ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਝੋਨੇ ਦੀ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਬਿਜਲੀ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਇਸ ਵਾਰ ਭਾਰੀ ਗਰਮੀ ਪੈਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਹਨ, ਪਰ ਪੰਜਾਬ ਸਰਕਾਰ ਗਰਮੀ ਦੀ ਰੁੱਤ ਦੌਰਾਨ ਲੋਕਾਂ ਨੂੰ ਬਿਜਲੀ ਬਿਲਕੁਲ ਕਿੱਲਤ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ। ਉਹ ਅੱਜ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਉਤਰੀ ਭਾਰਤ ਦੇ ਨਿੱਜੀ ਭਾਈਵਾਲੀ ਤਹਿਤ ਲੱਗੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਸੀਐਲ) ਦਾ ਵਿਸ਼ੇਸ ਦੌਰਾ ਕਰਨ ਪੁੱਜੇ ਸਨ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਪਹਿਲੀ ਦਫ਼ਾ ਪੰਜਾਬ ਵਿੱਚ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਵਾਈ ਜਾ ਰਹੀ ਹੈ ਤਾਂ ਜੋ ਝੋਨੇ ਦੀ ਵਾਢੀ ਵੇਲੇ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਤਾਪਘਰ ਦੇ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਹੈ ਕਿ ਗਰਮੀ ਦੇ ਸੀਜ਼ਨ ਦੌਰਾਨ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤਾਪਘਰ ਵੱਲੋਂ ਪ੍ਰਤੀ ਦਿਨ 1980 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਂਦੀ ਹੈ ਅਤੇ ਇਸ ਵੇਲੇ ਤਾਪਘਰ ਦੇ ਤਿੰਨੋ ਯੂਨਿਟ 1100 ਮੈਗਾਵਾਟ ਲੋਡ ਮੁਤਾਬਕ ਬਿਜਲੀ ਪੈਦਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤਾਪਘਰ ਵਿੱਚ 3 ਯੂਨਿਟ ਸਥਾਪਿਤ ਹਨ ਅਤੇ ਪ੍ਰਤੀ ਯੂਨਿਟ 680 ਮੈਗਾਵਾਟ ਦੀ ਸਮਰੱਥਾ ਹੈ। ਪ੍ਰਬੰਧਕਾਂ ਨੇ ਮੰਤਰੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਤਾਪਘਰ ਕੋਲ 18 ਤੋਂ 20 ਦਿਨ ਦਾ ਕੋਇਲਾ ਸਟਾਕ ਵਿੱਚ ਪਿਆ ਹੈ ਅਤੇ ਕੋਇਲਾ ਰੂਟੀਨ ਮੁਤਾਬਕ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਾਪਘਰ ਦੇ ਤਿੰਨੋ ਯੂਨਿਟ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ ਅਤੇ ਇਹ ਸੀਜ਼ਨ ਦੌਰਾਨ ਲੋੜੀਂਦੀ ਬਿਜਲੀ ਪੈਦਾ ਕਰਨ ਦੇ ਸਮਰੱਥ ਹਨ।






















