UAE ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਵੀ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ
ਚੰਡੀਗੜ੍ਹ, 17ਅਪ੍ਰੈਲ(ਵਿਸ਼ਵ ਵਾਰਤਾ)- ਸੰਯੁਕਤ ਅਰਬ ਅਮੀਰਾਤ (UAE) ਓਮਾਨ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਵੀ ਭਾਰੀ ਮੀਂਹ ਨੇ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਰੀ ਮੀਂਹ ਅਤੇ ਹੜ੍ਹ ਕਾਰਨ ਉੱਥੇ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖੈਬਰ ਪਖਤੂਨਖਵਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਪਾਕਿਸਤਾਨ ਦੇ ਇੱਕ ਅਖਬਾਰ ਦੀ ਰਿਪੋਰਟ ਮੁਤਾਬਕ 12 ਅਪ੍ਰੈਲ ਤੋਂ ਪਾਕਿਸਤਾਨ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਅਥਾਰਟੀ (ਪੀਡੀਐਮਏ) ਦਾ ਕਹਿਣਾ ਹੈ ਕਿ 32 ਲੋਕ ਗੰਭੀਰ ਜ਼ਖ਼ਮੀ ਹਨ। ਇਸ ਕਾਰਨ ਦੱਖਣ-ਪੱਛਮੀ ਖੇਤਰਾਂ ਯਾਨੀ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਹਸਪਤਾਲਾਂ ਵਿੱਚ ਲੋਕਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। PDMA ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਜਾਰੀ ਕੀਤੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਆਵਾਜਾਈ ਲਈ ਸੜਕਾਂ ਦਾ ਸੁਧਾਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੋਮਵਾਰ 15 ਅਪ੍ਰੈਲ ਦੀ ਰਾਤ ਤੋਂ ਯੂਏਈ ਵਿੱਚ ਵੀ ਮੀਂਹ ਪੈਣਾ ਸ਼ੁਰੂ ਗਿਆ ਸੀ ਅਤੇ ਮੰਗਲਵਾਰ 16 ਅਪ੍ਰੈਲ ਦੀ ਸ਼ਾਮ ਤੱਕ120 ਮਿਲੀਮੀਟਰ (4.75 ਇੰਚ) ਤੋਂ ਵੱਧ ਪਾਣੀ ਡਿੱਗਿਆ। ਬਹਿਰੀਨ, ਕਤਰ ਅਤੇ ਸਾਊਦੀ ਅਰਬ ਵਿੱਚ ਵੀ ਭਾਰੀ ਮੀਂਹ ਕਾਰਨ ਹਾਲਾਤ ਖਰਾਬ ਹਨ। ਓਮਾਨ ਵਿੱਚ ਭਾਰੀ ਮੀਂਹ ਕਾਰਨ 18 ਲੋਕਾਂ ਦੀ ਮੌਤ ਹੋ ਗਈ ਹੈ। ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ, ਦੁਬਈ ਅਤੇ ਅਲ ਆਇਨ ਵਰਗੇ ਸ਼ਹਿਰਾਂ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਹਨ। ਮੰਗਲਵਾਰ ਨੂੰ ਸੜਕਾਂ, ਰੇਲਵੇ ਅਤੇ ਉਡਾਣਾਂ ਪ੍ਰਭਾਵਿਤ ਹੋਈਆਂ। ਇਨ੍ਹਾਂ ਸ਼ਹਿਰਾਂ ਵਿੱਚ ਦਫ਼ਤਰ ਅਤੇ ਸਕੂਲ ਬੰਦ ਕਰ ਦਿੱਤੇ ਗਏ ਹਨ।