ਕਾਂਗਰਸ ਦੇ ਪ੍ਰਦਰਸ਼ਨ ‘ਚ ਪਹੁੰਚੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ): ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਦਿੱਲੀ ਦੇ ਲੋਕ ਕਲਿਆਣ ਮਾਰਗ ‘ਤੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਵਾਇਨਾਡ ਤੋਂ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ਸਮੇਤ ਪਾਰਟੀ ਦੇ ਕਈ ਆਗੂ ਸ਼ਾਮਲ ਹੋਏ।
ਕਾਂਗਰਸ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਦੇ ਨਾਅਰੇ ਲਾਏ। ਇਹ ਪ੍ਰਦਰਸ਼ਨ ਇੱਕ ਦਿਨ ਪਹਿਲਾਂ ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਦ ਮਾਰਚ ਦੌਰਾਨ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਕਾਂਗਰਸ ਆਗੂਆਂ ਨੇ ਜੰਤਰ-ਮੰਤਰ ਤੋਂ ਵਿਦਿਆਰਥੀਆਂ ਦੇ ਸੰਸਦ ਕੂਚ ‘ਤੇ ਹੋਏ ਲਾਠੀਚਾਰਜ ਦਾ ਵਿਰੋਧ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਜਿਤੇਂਦਰ ਸਿੰਘ ਮੰਗਲਵਾਰ ਸ਼ਾਮ ਨੂੰ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਕੁਝ ਦੇਰ ਗੱਲਬਾਤ ਵੀ ਕੀਤੀ।
ਇਸ ਤੋਂ ਪਹਿਲਾ ਅੱਜ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਵੱਲੋਂ ਕਾਂਗਰਸ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਕਾਂਗਰਸ ਸੰਸਦ ਮੈਂਬਰ ਕੇ. ਸੁਰੇਸ਼, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























