Vigilance ਵਲੋਂ ਸੁਲਤਾਨਪੁਰ ਲੋਧੀ ਵਿਖੇ ਸੈਮੀਨਾਰ
ਲੋਕਾਂ ਨੂੰ ਰਿਸ਼ਵਤਖੋਰੀ ਵਿਰੁੱਧ ਲੜਾਈ ਵਿਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ
ਸੁਲਤਾਨਪੁਰ ਲੋਧੀ, 2 ਨਵੰਬਰ (ਵਿਸ਼ਵ ਵਾਰਤਾ):- ਵਿਜੀਲੈਂਸ ਬਿਊਰੋ ਪੰਜਾਬ ਵਲੋਂ 28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਏ ਜਾ ਰਹੇ ‘ਚੌਕਸੀ ਜਾਗਰੂਕਤਾ ਹਫਤੇ’ ਦੌਰਾਨ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਲੋਂ ਸੁਲਤਾਨਪੁਰ ਲੋਧੀ ਦੇ ਬੀ.ਡੀ.ਪੀ.ਓ. ਦਫਤਰ ਵਿਖੇ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਲੜਾਈ ਵਿਚ ਆਮ ਲੋਕਾਂ ਦੀ ਸ਼ਮੂਲੀਅਤ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਮਾਜਿਕ ਕੋਹੜ ਦੇ ਖਾਤਮੇ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।
ਇਸ ਮੌਕੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਕਪੂਰਥਲਾ ਜਤਿੰਦਰਜੀਤ ਸਿੰਘ ਨੇ ਕਿਹਾ ਕਿ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ’ ਵਿਸ਼ੇ ਉੱਪਰ ਕਰਵਾਏ ਜਾ ਰਹੇ ਸੈਮੀਨਾਰ ਦੌਰਾਨ ਲੋਕਾਂ ਨੂੰ ਭ੍ਰਿਸ਼ਟ ਤਰੀਕਿਆਂ ਦੇ ਸਮਾਜ ਉੱਪਰ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ਰਿਸ਼ਵਤਖੋਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲੋਕ ਭ੍ਰਿਸ਼ਟਾਚਾਰ ਰੋਕੂ ਹੈਲਪਲਾਇਨ ਨੰਬਰ 95012-00200 ਉੱਪਰ ਸਿੱਧੀ ਜਾਣਕਾਰੀ ਦੇ ਸਕਦੇ ਹਨ ਤੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਇਸ ਮੌਕੇ ਜਾਗਰੂਕਤਾ ਲਈ ਪੈਂਫਲੈਂਟ ਵੀ ਵੰਡੇ ਗਏ।
ਸੈਮੀਨਾਰ ਨੂੰ ਵਿਕਾਸ ਗੁਪਤਾ ਨਾਇਬ ਤਹਿਸੀਲਦਾਰ, ਹਰਗੁਰਦੇਵ ਸਿੰਘ ਐਸ.ਐਚ.ਓ. ਬਲਦੇਵ ਸਿੰਘ ਸੇਵਾ ਮੁਕਤ ਪ੍ਰੋਫੈਸਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਸ਼ਰਨ ਸਿੰਘ, ਪਲਵਿੰਦਰ ਸਿੰਘ ਸੁਪਰਡੈਂਟ ਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।