ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ Vigilance Bureau ਵੱਲੋਂ ਕਾਬੂ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਸੰਤ ਵਿਹਾਰ ਨਗਰ, ਬਠਿੰਡਾ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖ਼ਿਲਾਫ਼ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ ਰਿਸ਼ਵਤ ਵਜੋਂ 20000 ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਸ਼ਿਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਟਾਈਪਿਸਟ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।