50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ Vigilance Bureau ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਭੁਨਰਹੇੜੀ, ਜਿਲਾ ਪਟਿਆਲਾ ਦੇ ਇੱਕ ਚੌਲ ਮਿੱਲ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਫ.ਸੀ.ਆਈ. ਮੁਲਾਜ਼ਮ ਮਾਰਕਫੈੱਡ ਵੱਲੋਂ ਖਰੀਦੇ ਗਏ ਝੋਨੇ ਤੋਂ ਛੜਾਈ ਕੀਤੇ ਚੌਲਾਂ ਨੂੰ ਸਟੋਰ ਕਰਨ ਦੀ ਸਹੂਲਤ ਦੇਣ ਬਦਲੇ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।