‘ਯੁੱਧ ਨਸ਼ਿਆਂ ਵਿਰੁੱਧ’: 146ਵੇਂ ਦਿਨ, Punjab Police ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ
— ਆਪਰੇਸ਼ਨ ਦੌਰਾਨ 69 ਐਫਆਈਆਰਜ਼ ਦਰਜ, 21 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 146ਵੇਂ ਦਿਨ ਵੀ ਜਾਰੀ ਰੱਖਦਿਆਂ, Punjab Police ਨੇ ਅੱਜ 414 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 69 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 146 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਿਆਂ ਦੇ ਤਸਕਰਾਂ ਦੀ ਗਿਣਤੀ 23,377 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.17 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 8859 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 453 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।























