15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ Vigilance Bureau ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ
ਚੰਡੀਗੜ੍ਹ, 13 ਮਾਰਚ (ਵਿਸ਼ਵ ਵਾਰਤਾ):- Punjab Vigilance Bureau ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਫਗਵਾੜਾ ਦੇ ਇੱਕ ਨਿਵਾਸੀ ਦੁਆਰਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਤਹਿਸੀਲ ਫਿਲੌਰ ਵਿੱਚ ਸਬ-ਤਹਿਸੀਲ ਗੁਰਾਇਆ ਦੇ ਸੰਯੁਕਤ ਸਬ-ਰਜਿਸਟਰਾਰ ਅਤੇ ਗੁਰਾਇਆ ਵਿੱਚ ਸਬ-ਰਜਿਸਟਰਾਰ ਦੇ ਦਫ਼ਤਰ ਵਿੱਚ ਤਾਇਨਾਤ ਇੱਕ ਰਜਿਸਟਰੀ ਕਲਰਕ ਵੱਲੋਂ ਇੱਕ ਰਜਿਸਟਰੀ ਦਰਜ ਕਰਵਾਉਣ ਸਬੰਧੀ ਰਿਸ਼ਵਤ ਮੰਗੀ ਅਤੇ ਹਾਸਲ ਕੀਤੀ ਸੀ।
ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲੱਗੇ ਦੋਸ਼ਾਂ ਨੂੰ ਸਹੀ ਪਾਇਆ ਜਿਸ ਕਾਰਨ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਸੰਯੁਕਤ ਸਬ-ਰਜਿਸਟਰਾਰ ਅਤੇ ਰਜਿਸਟਰੀ ਕਲਰਕ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ।