ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 1.5 ਕਿਲੋਗ੍ਰਾਮ ਹੈਰੋਇਨ, 1.33 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
– 101 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 250 ਤੋਂ ਵੱਧ ਪੁਲਿਸ ਟੀਮਾਂ ਨੇ 627 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ):ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਚੌਥੇ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 164 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।
ਇਹ ਚੈਕਿੰਗ ਛੇ ਜ਼ਿਲ੍ਹਿਆਂ ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਮਿਸ਼ਨਰੇਟ ਜਲੰਧਰ, ਕਪੂਰਥਲਾ ਅਤੇ ਰੂਪਨਗਰ ਵਿੱਚ ਕੀਤੀ ਗਈ।
ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ ਸੂਬੇ ਭਰ ਵਿੱਚ 524 ਸਥਾਨਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 53 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨਾਲ ਸਿਰਫ਼ ਚਾਰ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 472 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.5 ਕਿਲੋ ਹੈਰੋਇਨ, 100 ਗ੍ਰਾਮ ਅਫੀਮ, 7610 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.33 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 627 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹਿਣਗੇ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 161 ਜਾਗਰੂਕਤਾ ਸਮਾਗਮ ਕਰਵਾਏ ਗਏ। YUDH NASHIAN VIRUDH