ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਛੇਵੇਂ ਦਿਨ ਵਿੱਚ ਦਾਖ਼ਲ
ਕਿਸਾਨ ਲਗਾਤਾਰ ਡਟੇ ਹਨ ਰੇਲਵੇ ਟਰੈਕਾਂ ਤੇ, ਆਵਾਜਾਈ ਪ੍ਰਭਾਵਿਤ
ਚੰਡੀਗੜ੍ਹ, 22ਅਪ੍ਰੈਲ(ਵਿਸ਼ਵ ਵਾਰਤਾ)- ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਰੇਲ ਰੋਕੋ ਅੰਦੋਲਨ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨ ਰੇਲ ਪਟੜੀ ’ਤੇ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਦੇ ਧਰਨੇ ਦਾ ਅੱਜ ਛੇਵਾਂ ਦਿਨ ਹੈ। ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ, ਜਿਸ ਕਾਰਨ ਅੰਬਾਲਾ ਰੇਲਵੇ ਡਿਵੀਜ਼ਨ ਵਿੱਚੋਂ ਲੰਘਣ ਵਾਲੀਆਂ 73 ਮੇਲ ਐਕਸਪ੍ਰੈਸ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦੋਂ ਕਿ 22 ਮੇਲ ਐਕਸਪ੍ਰੈਸ ਨੂੰ ਥੋੜ੍ਹੇ ਸਮੇਂ ਲਈ ਬੰਦ ਕਰਨਾ ਪਿਆ ਹੈ ਨਾਲ ਹੀ 230 ਟਰੇਨਾਂ ਦੇ ਰੂਟ ਬਦਲੇ ਗਏ ਹਨ। ਰੇਲਵੇ ਅਧਿਕਾਰੀਆਂ ਮੁਤਾਬਕ ਕੁੱਲ ਮਿਲਾ ਕੇ ਕਿਸਾਨਾਂ ਦੇ ਅੰਦੋਲਨ ਨਾਲ 500 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਇਸ ਤੋਂ ਇਲਾਵਾ, ਇਹ ਗਿਣਤੀ ਰੋਜ਼ਾਨਾ ਵਧ ਰਹੀ ਹੈ। ਇਸ ਕਿਸਾਨ ਅੰਦੋਲਨ ਦਾ ਖਮਿਆਜ਼ਾ ਆਮ ਲੋਕਾਂ ਖਾਸ ਕਰਕੇ ਰੇਲ ਗੱਡੀਆਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭੁਗਤਣਾ ਪੈ ਰਿਹਾ ਹੈ। ਸਟੇਸ਼ਨ ‘ਤੇ ਯਾਤਰੀਆਂ ਦੀ ਭੀੜ ਲਗਾਤਾਰ ਵਧਦੀ ਜਾ ਰਹੀ ਹੈ। ਖਾਸ ਕਰਕੇ ਲੰਬੀ ਦੂਰੀ ਦੇ ਮੁਸਾਫਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਛੋਟੇ ਬੱਚਿਆਂ ਨੂੰ ਵੀ ਸਟੇਸ਼ਨ ‘ਤੇ ਬੈਠ ਕੇ ਟਰੇਨ ਦਾ ਇੰਤਜ਼ਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ।